ਟੀਡੀਆਈ ਸਿਟੀ ਵਿੱਚ ਜਿੰਮ ਟਰੇਨਰ ਵੱਲੋਂ ਹਵਾਈ ਫਾਇਰਿੰਗ, ਨੌਜਵਾਨ ਗ੍ਰਿਫ਼ਤਾਰ

ਜਿੰਮ ਟਰੇਨਰ ਸਾਹਿਲ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ, ਲਾਇਸੈਂਸੀ ਰਿਵਾਲਵਰ ਕਬਜ਼ੇ ’ਚ ਲਿਆ

ਸੋਹਾਣਾ ਥਾਣੇ ਵਿੱਚ 3 ਫਲੈਟ ਮਾਲਕਾਂ ਖ਼ਿਲਾਫ਼ ਕੇਸ ਦਰਜ, 200 ਤੋਂ ਵੱਧ ਮਕਾਨ ਮਾਲਕਾਂ ਨੂੰ ਨੋਟਿਸ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਇੱਥੋਂ ਦੇ ਟੀਡੀਆਈ ਸਿਟੀ ਸੈਕਟਰ-110 ਵਿੱਚ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਐਕਸ ਫਲੋਰ ’ਤੇ ਹਵਾਈ ਫਾਇਰਿੰਗ ਕਰਨ ਤੋਂ ਬਾਅਦ ਐਸਐਸਪੀ ਵਿਵੇਕਸ਼ੀਲ ਸੋਨੀ ਦੇ ਦਿਸ਼ਾੋ-ਨਿਰਦੇਸ਼ਾਂ ਅਤੇ ਡੀਐੱਸਪੀ (ਸਿਟੀ-2) ਸੁਖਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਸੋਹਾਣਾ ਥਾਣਾ ਦੇ ਐਸਐਚਓ ਗੁਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਪੈਰਾ ਮਿਲਟਰੀ ਫੋਰਸ ਦੀਆਂ ਦੋ ਕੰਪਨੀਆਂ ਸਮੇਤ 100 ਤੋਂ ਵੱਧ ਪੁਲੀਸ ਜਵਾਨ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਹਵਾਈ ਫਾਇਰਿੰਗ ਕਰਨ ਵਾਲੇ ਜਿੰਮ ਟਰੇਨਰ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ .32 ਬੋਰ ਦਾ ਲਾਇਸੈਂਸੀ ਰਿਵਾਲਵਰ ਵੀ ਜ਼ਬਤ ਕਰ ਲਿਆ ਗਿਆ ਹੈ।
ਥਾਣਾ ਮੁਖੀ ਦੀ ਜਾਣਕਾਰੀ ਅਨੁਸਾਰ ਘਟਨਾ ਲੰਘੀ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਪੁਲੀਸ ਨੇ ਅੱਜ ਤੜਕਸਾਰ ਟੀਡੀਆਈ ਸੈਕਟਰ ਵਿੱਚ ਸ਼ੱਕੀ ਵਿਅਕਤੀਆਂ ਦੀ ਸ਼ਨਾਖ਼ਤ ਲਈ ਵੱਖ-ਵੱਖ ਫਲੈਟਾਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਈ ਫਲੈਟਾਂ ਵਿੱਚ ਰਹਿੰਦੇ ਕਿਰਾਏਦਾਰ ਬਿਨਾਂ ਪੁਲੀਸ ਵੈਰੀਫਿਕੇਸ਼ਨ ਤੋਂ ਰਹਿਣੇ ਪਾਏ ਗਏ। ਇਨ੍ਹਾਂ ਫਲੈਟ\ਮਕਾਨ ਮਾਲਕਾਂ ਖ਼ਿਲਾਫ਼ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ 3 ਮੁਕੱਦਮੇ ਦਰਜ ਕੀਤੇ ਗਏ ਹਨ ਅਤੇ 200 ਤੋਂ ਵੱਧ ਮਕਾਨ\ਫਲੈਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਚੈਕਿੰਗ ਦੌਰਾਨ ਕਈ ਸ਼ੱਕੀ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਥਾਣਾ ਮੁਖੀ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਵੱਲੋਂ ਬਿਨਾਂ ਦਸਤਾਵੇਜ਼ਾਂ ਤੋਂ 3 ਮੋਟਰ ਸਾਈਕਲ ਕਬਜ਼ੇ ਵਿੱਚ ਲਏ ਹਨ ਜਦੋਂਕਿ ਇੱਕ ਫਾਰਚੂਨਰ ਕਾਰ ਦਾ ਚਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਵਾਈ ਫਾਇਰਿੰਗ ਕਰਨ ਵਾਲੇ ਨੌਜਵਾਨ ਦੀ ਪਛਾਣ ਸਾਹਿਲ ਵਰਮਾ ਵਾਸੀ ਕੁਰਾਲੀ ਵਜੋਂ ਹੋਈ ਹੈ, ਜੋ ਇਸ ਸਮੇਂ ਐਸਬੀਪੀ ਹੋਮਜ਼ ਸੈਕਟਰ-117 ਦੇ ਫਲੈਟ ਵਿੱਚ ਰਹਿ ਰਿਹਾ ਸੀ। ਪੁਲੀਸ ਨੇ ਸਾਹਿਲ ਦੇ ਖ਼ਿਲਾਫ਼ ਅਸਲਾ ਐਕਟ ਤਹਿਤ ਸੋਹਾਣਾ ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਨੌਜਵਾਨ ਕੋਲੋਂ .32 ਬੋਰ ਦਾ ਲਾਇਸੈਂਸੀ ਰਿਵਾਲਵਰ ਅਤੇ ਚੱਲਿਆ ਹੋਇਆ ਕਾਰਤੂਸ ਵੀ ਬਰਾਮਦ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਸਾਹਿਲ ਵਰਮਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕੁਰਾਲੀ ਦਾ ਰਹਿਣ ਵਾਲਾ ਹੈ, ਬਲੌਂਗੀ ਜਿੰਮ ਦਾ ਟਰੇਨਰ ਹੈ। ਇਨੀ ਦਿਨੀਂ ਉਹ ਆਪਣੇ ਚਾਚੇ ਦੇ ਫਲੈਟ ਵਿੱਚ ਰਹਿ ਰਿਹਾ ਸੀ। ਉਹ ਲੰਘੀ ਰਾਤ ਟੀਡੀਆਈ ਸਿਟੀ ਵਿੱਚ ਘੁੰਮਣ ਲਈ ਗਿਆ ਸੀ ਅਤੇ ਸ਼ੌਂਕ ਨਾਲ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਹਵਾਈ ਫਾਇਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜਿੰਮ ਟਰੇਨਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…