
ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜਲੇ ਸੈਕਟਰ-82 ਵਿੱਚ ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜੇਸ਼ ਪਾਂਡੇ (37) ਵਾਸੀ ਬੱਲੀਆਂ (ਉੱਤਰ ਪ੍ਰੇਦਸ਼) ਵਜੋਂ ਹੋਈ ਹੈ। ਮੌਜੂਦਾ ਸਮੇਂ ਵਿੱਚ ਉਹ ਸੈਕਟਰ-82 ਸਥਿਤ ਪਲਾਟ ਨੰਬਰ-666 ਵਿੱਚ ਰਹਿ ਰਿਹਾ ਸੀ ਅਤੇ ਪਿਛਲੇ ਕਰੀਬ ਦੋ ਢਾਈ ਸਾਲ ਤੋਂ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜੇਸ਼ ਪਾਂਡੇ ਜ਼ਮੀਨ ਵਿੱਚ ਅੰਡਰ ਗਰਾਊਂਡ ਤਾਰਾਂ ਪਾਉਣ ਵਾਲੀ ਪ੍ਰਾਈਵੇਟ ਕੰਪਨੀ ਵਿੱਚ ਸਟੋਰ ਕੀਪਰ ਵਜੋਂ ਤਾਇਨਾਤ ਸੀ। ਕੰਪਨੀ ਦੇ ਕੰਮ ਨੂੰ ਲੈ ਕੇ ਉਸ ਦੀ ਮਜ਼ਦੂਰਾਂ ਨਾਲ ਆਪਸ ਵਿੱਚ ਤੂੰ-ਤੂੰ ਮੈਂ-ਮੈਂ ਹੋ ਗਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸ ਦੌਰਾਨ ਸਾਥੀ ਮਜ਼ਦੂਰ ਨੇ ਕਿਸੇ ਤੇਜ਼ਧਾਰ ਹਥਿਆਰ ਨਾਲ ਰਾਜੇਸ਼ ਪਾਂਡੇ ਦੀ ਗਰਦਨ ’ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਦੂਜੇ ਕਰਮਚਾਰੀਆਂ ਨੇ ਸਟੋਰ ਕੀਪਰ ਦੀ ਜਾਨ ਬਚਾਉਣ ਲਈ ਉਸ ਨੂੰ ਤੁਰੰਤ ਸੈਕਟਰ-32, ਚੰਡੀਗੜ੍ਹ ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਸਬੰਧੀ ਸੋਹਾਣਾ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਤੁਸਾਰ ਪਾਂਡੇ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਹਮਲਾਵਰ ਮਜ਼ਦੂਰਾਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਫਿਲਹਾਲ ਮੁਲਜ਼ਮ ਫਰਾਰ ਹਨ, ਪ੍ਰੰਤੂ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।