
ਨੌਜਵਾਨਾਂ ਨੂੰ ਨਾ ਨੌਕਰੀਆਂ ਮਿਲੀਆਂ ਨਾ ਹੀ ਬੇਰੁਜ਼ਗਾਰੀ ਭੱਤਾ
ਅਕਾਲੀ ਸਰਕਾਰ ਵੇਲੇ ਸ਼ੁਰੂ ਹੋਇਆ ਰੇਤਾ ਮਾਫ਼ੀਆ ਅੱਜ ਵੀ ਜਾਰੀ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਪੰਜਾਬ ਵਿੱਚ ਰੇਤ ਮਾਫ਼ੀਆ ਅਤੇ ਭੂ-ਮਾਫ਼ੀਆ ਨੂੰ ਖ਼ਤਮ ਕਰਨ ਦੀਆਂ ਸਹੂੰ ਚੁੱਕ ਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਮਾਫ਼ੀਆ ਰਾਜ ਖ਼ਤਮ ਹੋਣ ਦੀ ਬਜਾਏ ਲਗਾਤਾਰ ਵਧ ਫੁਲ ਰਿਹਾ ਹੈ ਅਤੇ ਨਾਜਾਇਜ਼ ਮਾਈਨਿੰਗ ਦਾ ਕੰਮ ਧੜੱਲੇ ਨਾਲ ਚੱਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਨੌਜਵਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿੱਚ ਹਾਜ਼ਰ ਨੌਜਵਾਨਾਂ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ ਵਿੱਦਿਅਕ ਮੁਤਾਬਕ ਨੌਕਰੀਆਂ ਤਾਂ ਕੀ ਦੇਣੀਆਂ ਸਨ, ਬੇਰੁਜ਼ਗਾਰੀ ਭੱਤਾ ਵੀ ਨਹੀਂ ਦਿੱਤਾ ਹੈ ਅਤੇ ਇਨਸਾਫ਼ ਮੰਨਣ ’ਤੇ ਪੁਲੀਸ ਡਾਂਗਾਂ ਮਾਰ ਕੇ ਪੁੜ ਸੇਕ ਦਿੰਦੀ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਪੰਜਾਬ ਵਿੱਚ ਰੇਤ ਮਾਫ਼ੀਆ ਹੋਂਦ ਵਿੱਚ ਆਇਆ ਸੀ। ਜਿਸ ਦੀ ਕਮਾਈ ਪੰਜਾਬ ਦੇ ਸਰਕਾਰੀ ਖਜ਼ਾਨੇ ਵਿੱਚ ਜਾਣ ਦੀ ਥਾਂ ਸੁਖਬੀਰ ਅਤੇ ਮਜੀਠੀਆ ਦੀਆਂ ਜੇਬਾਂ ਵਿੱਚ ਜਾਣ ਲੱਗੀ ਅਤੇ ਹੁਣ ਕਾਂਗਰਸ ਦੇ ਰਾਜ ਵਿੱਚ ਵੀ ਇਹ ਗੋਰਖਧੰਦਾ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਹੁਕਮਰਾਨ ਮਾਫ਼ੀਆ ਰਾਜ ਨੂੰ ਪਨਾਹ ਦੇ ਰਹੇ ਹਨ। ਜਿਸ ਕਾਰਨ ਪੁਲੀਸ ਦੇ ਲੰਮੇ ਹੱਥ ਰੇਤ ਮਾਫ਼ੀਆ ਨਾਲ ਜੁੜੇ ਲੋਕਾਂ ਤੱਕ ਨਹੀਂ ਪਹੁੰਚ ਰਹੇ ਹਨ। ਉਨ੍ਹਾਂ ਆਪਣੇ ਚਚੇਰੇ ਭਰਾ ਸੁਖਬੀਰ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਇਨੀ ਦਿਨੀਂ ਉਹ ਰੇਤੇ ਦੀਆਂ ਖੱਡਾਂ ਵਿੱਚ ਗੇੜੇ ਮਾਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਜਦੋਂਕਿ ਅਕਾਲੀ ਸਰਕਾਰ ਵੇਲੇ ਉਨ੍ਹਾਂ ਨੂੰ ਇਹ ਕਾਲਾਬਾਜ਼ਾਰੀ ਨਜ਼ਰ ਨਹੀਂ ਆਈ।
ਇਸ ਮੌਕੇ ਰਮਨਦੀਪ ਸਿੰਘ, ਹਰਜਿੰਦਰ ਸਿੰਘ ਬਿੱਲਾ, ਮੇਹਰਬਾਨ ਸਿੰਘ ਭੁੱਲਰ, ਮਨੋਜ ਕੁਮਾਰ, ਲਵਲੀ ਸਿੰਘ, ਮਨੀ ਡੋਗਰਾ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਮਨਪ੍ਰੀਤ ਸਿੰਘ, ਕੰਵਲਜੀਤ ਸਿੰਘ ਪੱਤੋਂ, ਸਿਮਰਨਜੀਤ ਸਿੰਘ, ਕਾਲਾ ਬਲੌਂਗੀ, ਕੁਲਵਿੰਦਰ ਸਿੰਘ, ਹਰਨੇਕ ਸਿੰਘ, ਜਸਵੰਤ ਸਿੰਘ ਠਸਕਾ, ਕੁਲਵਿੰਦਰ ਸਿੰਘ ਰਾਏਪੁਰ, ਪਲਵਿੰਦਰ ਸਿੰਘ, ਸਿਕੰਦਰ ਸਿੰਘ ਅਤੇ ਪ੍ਰਦੀਪ ਸਿੰਘ ਵੀ ਹਾਜ਼ਰ ਸਨ।