nabaz-e-punjab.com

ਨੌਜਵਾਨਾਂ ਨੂੰ ਸਹਾਇਕ ਧੰਦਿਆਂ ਦੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾਵੇਗਾ: ਬਲਬੀਰ ਸਿੱਧੂ

ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਡੇਅਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ
ਪਿੰਡ ਗੀਗੇਮਾਜਰਾ ਵਿੱਚ ਖੋਲੀ ਜਾਵੇਗੀ ਪਸ਼ੂ ਡਿਸਪੈਂਸਰੀ, ਇਲਾਕਾ ਨਿਵਾਸੀਆਂ ਵੱਲੋਂ ਸਿੱਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਦਿਨ ਪ੍ਰਤੀ ਦਿਨ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਲਾਹੇਵੰਦ ਧੰਦਿਆਂ ਨਾਲ ਹੀ ਪੈ ਸਕਦੀ ਹੈ। ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਲਾਹੇਵੰਦ ਸਹਾਇਕ ਧੰਦਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਸਿਖਲਾਈ ਉਪਰੰਤ ਸਵੈਰੁਜ਼ਗਾਰ ਧੰਦੇ ਸ਼ੁਰੂ ਕਰ ਕੇ ਰੁਜ਼ਗਾਰ ਦੇ ਕਾਬਿਲ ਬਣ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਗੀਗੇਮਾਜਰਾ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦੇ ਕੈਬਨਿਟ ਮੰਤਰੀ ਬਨਣ ਦੀ ਖੁਸ਼ੀ ਵਿਚ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪਿੰਡ ਨਿਵਾਸੀਆਂ ਵੱਲੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵੀ ਪੁਆਏ ਗਏ।
ਸ੍ਰੀ ਸਿੱਧੂ ਨੇ ਇਸ ਮੌਕੇ ਕਿਹਾ ਕਿ ਉਹ ਹਲਕਾ ਨਿਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਹਲਕੇ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਦੀ ਪਿੰਡ ਪੱਧਰ ’ਤੇ ਸਿਖਲਾਈ ਦੇ ਕੇ ਉਨ੍ਹਾਂ ਨੂੰ ਘੱਟ ਵਿਆਜ ’ਤੇ ਆਪਣੇ ਸਹਾਇਕ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਿਵਾਇਤੀ ਫਸਲਾਂ ਹੁਣ ਲਾਹੇਵੰਦ ਨਹੀਂ ਰਹੀਆਂ ਕਿਉਂਕਿ ਉਨ੍ਹਾਂ ਤੇ ਖਰਚ ਵੱਧ ਅਤੇ ਆਮਦਨ ਘੱਟ ਆਉਂਦੀ ਹੈ। ਇਸ ਲਈ ਹੁਣ ਸਾਨੂੰ ਬਦਲਵੇਂ ਢੰਗ ਤਰੀਕੇ ਲੱਭਣੇ ਪੈਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਕਿਉਂਕਿ ਸਹਾਇਕ ਧੰਦੇ ਸ਼ੁਰੂ ਕਰਨ ਤੋਂ ਬਗੈਰ ਉਨ੍ਹਾਂ ਦੀ ਆਰਥਿਕਤਾ ਮਜ਼ਬੂਤ ਨਹੀਂ ਹੋ ਸਕਦੀ। ਇਸ ਲਈ ਕਿਸਾਨ ਆਪਣੀ ਆਰਥਿਕਤਾ ਦੀ ਮਜ਼ਬੂਤੀ ਲਈ ਸਹਾਇਕ ਧੰਦੇ ਅਪਣਾਉਣ।
ਸ੍ਰੀ ਸਿੱਧੂ ਨੇ ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿੱਚ ਪਸ਼ੂ ਡਿਸਪੈਂਸਰੀ ਖੋਲ੍ਹਣ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਜਲਦੀ ਹੀ ਪਸ਼ੂਆਂ ਦਾ ਡਾਕਟਰ ਆਉਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਦੂਰ ਦਰਾਡੇ ਨਹੀਂ ਜਾਣਾ ਪਵੇਗਾ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦੇਣਗੇ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।
ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਾਬਾ ਬਲਵਿੰਦਰ ਸਿੰਘ, ਸਰਪੰਚ ਬਹਾਦਰ ਸਿੰਘ, ਗੁਰਚਰਨ ਸਿੰਘ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਕੁਲਵੰਤ ਸਿੰਘ ਫੌਜੀ, ਹੁਕਮ ਸਿੰਘ ਨੰਬਰਦਾਰ, ਮਾਸਟਰ ਲਾਭ ਸਿੰਘ, ਸੇਵਾ ਸਿੰਘ, ਮਾਸਟਰ ਗਿਆਨ ਸਿੰਘ, ਮਾਮ ਸਿੰਘ ਪੰਚ, ਅਵਤਾਰ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਕੁਲਬੀਰ ਚੰਦ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…