ਯੂਥ ਅਕਾਲੀ ਦਲ ਵੱਲੋਂ ਧਰਨਾ, ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਸਾੜੇ

ਗਾਇਕਾਂ, ਲੇਖਕਾਂ, ਕਿਸਾਨਾਂ ਤੇ ਨੌਜਵਾਨਾਂ ਵਿਰੁੱਧ ਪਰਚੇ ਦਰਜ ਕਰਨਾ ਬੰਦ ਕਰੇ ਸਰਕਾਰ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਦੇਸ਼ ਭਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜੇ ਗਏ।
ਇਸ ਮੌਕੇ ਬੋਲਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਅੱਜ ਦਾ ਸੰਘਰਸ਼ ਤਿੰਨ ਮੁੱਦਿਆਂ ਨੂੰ ਲੈ ਕੇ ਕੀਤਾ ਗਿਆ ਹੈ। ਮੋਦੀ ਸਰਕਾਰ ਵੱਲੋਂ ਖੇਤੀ ਨੂੰ ਲੈ ਕੇ ਬਣਾਏ ਗਏ ਕਿਸਾਨ ਵਿਰੋਧੀ ਕਾਲ਼ੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਇੱਕ ਪਾਸੇ ਤਾਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਨ ਆਸ਼ੂ ਬਿਆਨ ਦੇ ਚੁੱਕੇ ਹਨ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ ਅਤੇ ਦੂਜੇ ਪਾਸੇ ਕੈਪਟਨ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੀ ਡਰਾਮੇਬਾਜ਼ੀ ਕਰ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਦੇ ਇਸ਼ਾਰੇ ’ਤੇ ਕੈਪਟਨ ਸਰਕਾਰ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਪਣੇ ਗੀਤਾਂ ਰਾਹੀਂ ਜਾਂ ਲੇਖਣੀਆਂ ਰਾਹੀਂ ਕਿਸਾਨੀ ਦੀ ਹਾਲਤ ਬਿਆਨ ਕਰਦੇ ਗਾਇਕਾਂ ਅਤੇ ਲੇਖਕਾਂ ਨੂੰ ਕਦੇ ਈਡੀ ਰਾਹੀਂ ਅਤੇ ਆਮਦਨ ਕਰ ਵਿਭਾਗ ਰਾਹੀਂ ਪ੍ਰੇਸ਼ਾਨ ਕਰ ਰਹੀ ਹੈ। ਗਾਇਕਾਂ ਦੇ ਗੀਤਾਂ ਨੂੰ ਭੜਕਾਊ ਗੀਤ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿੱਚ ਕੁੱਦ ਚੁੱਕੇ ਕਿਸਾਨਾਂ ਅਤੇ ਨੌਜਵਾਨਾਂ ਉੱਤੇ ਕਦੇ ਧਾਰਾ 307 ਤਹਿਤ ਪੁਲੀਸ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਜਾਂ ਫਿਰ ਦੇਸ਼ ਧ੍ਰੋਹ ਦੇ ਪਰਚੇ ਦਰਜ ਕਰ ਕੇ ਕਿਸਾਨੀ ਸੰਘਰਸ਼ ਨੂੰ ਕੁਚਲਨ ਦਾ ਯਤਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਨੇ ਲੋਕਤੰਤਰਿਕ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ਨੂੰ ਬਿਖੇਰਨ ਲਈ ਆਪਣੀਆਂ ਲੂੰਬੜ ਚਾਲਾਂ ਬੰਦ ਨਾ ਕੀਤੀਆਂ ਅਤੇ ਗਾਇਕਾਂ, ਲੇਖਕਾਂ, ਕਿਸਾਨਾਂ ਜਾਂ ਨੌਜਵਾਨਾਂ ਖ਼ਿਲਾਫ਼ ਝੂਠੇ ਪਰਚੇ ਕਰਨੇ ਬੰਦ ਨਾ ਕੀਤੇ ਤਾਂ ਦੋਵਾਂ ਸਰਕਾਰਾਂ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ।
ਇਸ ਮੌਕੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਸਰਬਜੀਤ ਸਿੰਘ ਕਾਦੀਮਾਜਰਾ, ਰਵਿੰਦਰ ਸਿੰਘ, ਅਮਨ ਪੂਨੀਆ, ਟਿਮੀ ਪੂਨੀਆ, ਮਲਕੀਤ ਸਿੰਘ ਜ਼ੀਰਕਪੁਰ, ਮਨਪ੍ਰੀਤ ਸਿੰਘ ਵਿਰਕ, ਹਰਦਮ ਜਾਸਤਨਾ, ਗੁਰਜੀਤ ਸਿੰਘ ਹਿਮਾਂਯੂਪੁਰ, ਲਖਵੀਰ ਤਸਿੰਬਲੀ, ਕੁਲਸ਼ਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਮਿੰਦਰ ਸਿੰਘ, ਸਤਨਾਮ ਸਿੰਘ ਲਾਂਡਰਾਂ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …