ਯੂਥ ਅਕਾਲੀ ਦਲ ਕਰੋਨਾ ਪੀੜਤਾਂ ਦੀ ਸਿਹਤਯਾਬੀ ਲਈ ਕਰੇਗਾ ਪਲਾਜ਼ਮਾ ਦਾਨ: ਸੋਹਾਣਾ

ਕਰੋਨਾ ਜੰਗ ਜਿੱਤ ਕੇ ਆਏ ਯੂਥ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪਲਾਜ਼ਮਾ ਦਾਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਯੂਥ ਅਕਾਲੀ ਦਲ (ਬ) ਦੇ ਸੂਬਾ ਪ੍ਰਧਾਨ ਬੰਟੀ ਰੋਮਾਣਾ ਨੇ ਪਹਿਲਕਦਮੀ ਕਰਦਿਆਂ ਕਰੋਨਾ ਪੀੜਤ ਮਰੀਜ਼ਾਂ ਦੀ ਸਿਹਤਯਾਬੀ ਲਈ ਪਲਾਜ਼ਮਾ ਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਭਰ ਵਿੱਚ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਯੂਥ ਵਿੰਗ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਨੇ ਦੱਸਿਆ ਕਿ ਕਰੋਨਾ ਪੀੜਤਾਂ ਲਈ ਪਲਾਜ਼ਮਾ ਦਾਨ ਲਈ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਉਤਸ਼ਾਹ ਨਾਲ ਕੰਮ ਕੀਤਾ ਜਾਵੇਗਾ। ਇਸ ਸਬੰਧੀ ਸੋਮਵਾਰ ਤੋਂ ਪਿੰਡ ਪੱਧਰ ’ਤੇ ਨੌਜਵਾਨਾਂ ਦੀ ਲਾਮਬੰਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਨੌਜਵਾਨਾਂ ਲੜਕੀਆਂ ਨੂੰ ਵੀ ਪਲਾਜ਼ਮਾ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਯੂਥ ਆਗੂਆਂ ਨੇ ਕਿਹਾ ਕਿ ਭਾਵੇਂ ਕੁਝ ਸਿਆਸੀ ਪਾਰਟੀਆਂ ਇਸ ਗੰਭੀਰ ਮੁੱਦੇ ’ਤੇ ਰਾਜਨੀਤੀ ਕਰਨ ਵਿੱਚ ਜੱੁਟੀਆਂ ਹੋਈਆਂ ਹਨ ਪ੍ਰੰਤੂ ਯੂਥ ਅਕਾਲੀ ਦਲ ਸੇਵਾ ਭਾਵਨਾ ਦੀ ਵਿਚਾਰਧਾਰਾ ’ਤੇ ਚੱਲਦਿਆਂ ਕਰੋਨਾ ਪੀੜਤਾਂ ਦੇ ਇਲਾਜ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਪਲਾਜ਼ਮਾ ਦਾਨ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਸਫਲ ਬਣਾਉਣ ਲਈ ਹਸਪਤਾਲਾਂ ਨਾਲ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਰੋਨਾ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਤੋਂ ਵੀ ਸੁਝਾਅ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਦੀ ਜੰਗ ਜਿੱਤ ਕੇ ਆਏ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ। ਕਿਉਂਕਿ ਅਜੋਕੇ ਸਮੇਂ ਵਿੱਚ ਕਰੋਨਾ ਪੀੜਤਾਂ ਦੀਆਂ ਜਾਨਾਂ ਬਚਾਉਣੀਆਂ ਸਭ ਤੋਂ ਅਹਿਮ ਕਾਰਜ ਹੈ ਅਤੇ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣਾ ਯਕੀਨੀ ਬਣਾਇਆ ਜਾਵੇਗਾ। ਯੂਥ ਅਕਾਲੀ ਦਲ ਲੋਕ ਸੇਵਾ ਲਈ ਦਿਨ ਰਾਤ ਡਟ ਕੇ ਕੰਮ ਕਰਨ ਤੋਂ ਕਦੇ ਪਿੱਛੇ ਨਹੀਂ ਹਟੇਗਾ।
ਯੂਥ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਕਰੋਨਾ ਨਾਲ ਮੌਤਾਂ ਦੀ ਦਰ ਵਧਣੀ ਚਿੰਤਜਨਕ ਹੈ ਕਿਉਂਕਿ ਪਿਛਲੇ ਛੇ ਮਹੀਨੇ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਸਹੂਲਤਾਂ ਨਾ ਹੋਣ ਕਾਰਨ ਲੋਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣਾ ਇਲਾਜ ਨਹੀਂ ਕਰਵਾਉਣਾ ਚਾਹੁੰਦੇ ਹਨ ਪ੍ਰੰਤੂ ਦੂਜੇ ਪਾਸੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਆਮ ਆਦਮੀ ਦੇ ਵੱਸ ਤੋਂ ਬਾਹਰ ਦੀ ਗੱਲ ਹੈ। ਅਜਿਹੇ ਦੌਰ ਵਿੱਚ ਇਹ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਮਰੀਜ਼ਾਂ ਲਈ ਮਦਦਗਾਰ ਸਾਬਤ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…