ਯੂਥ ਅਕਾਲੀ ਦਲ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿੱਚ ਲਾਇਆ ਜਾਵੇਗਾ ਦਸਤਾਰਾਂ ਦਾ ਲੰਗਰ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਵੇਗਾ ‘ਮੇਰੀ ਦਸਤਾਰ-ਮੇਰੀ ਸ਼ਾਨ’ ਮੁਹਿੰਮ ਦਾ ਆਗਾਜ਼

ਨਬਜ਼-ਏ-ਪੰਜਾਬ, ਮੁਹਾਲੀ, 13 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਯੂਥ ਅਕਾਲ਼ੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਤਰਨਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਵੇਰੇ 10 ਤੋਂ ਬਾਅਦ ਦੁਪਹਿਰ 2 ਵਜੇ ਤੱਕ ‘ਦਸਤਾਰਾਂ’ ਦਾ ਲੰਗਰ ਲਗਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਨੀਅਰ ਯੂਥ ਆਗੂ ਖੁਸ਼ਇੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਨੌਜਵਾਨਾਂ ਨੂੰ ਸਿੱਖੀ ਅਤੇ ਵਿਰਸੇ ਨਾਲ ਜੋੜਨ ਲਈ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੇਰੀ ਦਸਤਾਰ-ਮੇਰੀ ਸ਼ਾਨ’ ਮੁਹਿੰਮ ਵਿੱਢੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਆ ਜਾ ਸਕੇ। ਉਨ੍ਹਾਂ ਮੁਹਾਲੀ ਹਲਕੇ ਦੇ ਸਮੂਹ ਨੌਜਵਾਨਾਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਖੁਸ਼ਇੰਦਰ ਸਿੰਘ ਨੇ ਕਿਹਾ ਕਿ ਦਸਤਾਰ ਸਿੱਖ ਕੌਮ ਦੀ ਸਿਰਫ਼ ਵਿਲੱਖਣ ਪਛਾਣ ਹੀ ਨਹੀਂ ਹੈ ਸਗੋਂ ਇਹ ਸਾਡੀ ਆਣ-ਬਾਨ ਤੇ ਸ਼ਾਨ ਵੀ ਹੈ। ਦਸਤਾਰ ਖ਼ਾਲਸੇ ਦੀ ਨਿਸ਼ਾਨੀ ਅਤੇ ਸੂਰਬੀਰ ਯੋਧਿਆਂ ਦਾ ਪਹਿਰਾਵਾ ਵੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਾਨੂੰ ਵਿਰਸੇ, ਧਰਮ ਅਤੇ ਅਧਿਆਤਮ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਦਸਤਾਰਾਂ ਦੇ ਲੰਗਰ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਕਰਨ ਸਿੰਘ ਸੋਮਲ, ਮੀਤ ਪ੍ਰਧਾਨ ਰਮਨ ਅਰੋੜਾ ਅਤੇ ਜਸਪ੍ਰੀਤ ਸਿੰਘ ਸੋਹਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…