
ਮਾਘੀ ਮੇਲੇ ਤੋਂ ਬਾਅਦ ਯੂਥ ਅਕਾਲੀ ਦਲ ਨਸ਼ਿਆਂ ਵਿਰੁੱਧ ਵਿੱਢੇਗਾ ਜਾਗਰੂਕਤਾ ਮੁਹਿੰਮ: ਬੱਬੀ ਬਾਦਲ
ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਪੰਜਾਬ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਯੂਥ ਅਕਾਲੀ ਦਲ ਵੱਲੋਂ ਮਾਘੀ ਮੇਲੇ ਤੋਂ ਬਾਅਦ ਸੂਬੇ ਅੰਦਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ। ਇਹ ਗੱਲ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਆਪਣੇ ਸਮਰਥਕਾਂ ਨਾਲ ਨਵੇਂ ਸਾਲ ਦੀਆਂ ਖੁਸ਼ੀਆਂ ਸਾਂਝੇ ਕਰਨ ਵੇਲੇ ਇੱਥੋਂ ਫੇਜ਼-11 ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਪਹਿਲਾਂ ਹੀ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜੀ ਜਾ ਰਹੀ ਹੈ ਪ੍ਰੰਤੂ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਸਿਰਫ਼ ਨਸ਼ਿਆਂ ਵਿਰੁੱਧ ਹੀ ਹੋਕਾ ਨਹੀਂ ਦੇਵੇਗਾ ਸਗੋਂ ਦਹੇਜ ਪ੍ਰਥਾ ਅਤੇ ਭਰੂਣ ਹੱਤਿਆਵਾਂ ਸਮੇਤ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਪਿੰਡ ਪੱਧਰ ’ਤੇ ਜਾਗਰੂਕਤ ਅਭਿਆਨ ਸ਼ੁਰੂ ਕਰੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਇਸ ਕਾਰਜ ਦੀ ਸਫਲਤਾ ਲਈ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਅਤੇ ਉਦਮੀ ਅੌਰਤਾਂ ਅਤੇ ਪੁਰਸ਼ਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨਾਲ ਵੀ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਬੱਬੀ ਬਾਦਲ ਫਾਊਡੇਸ਼ਨ ਵੱਲੋਂ ਸਰਦੀ ਦੇ ਮੌਸਮ ਵਿੱਚ ਗ਼ਰੀਬ ਲੋੜਵੰਦਾਂ ਨੂੰ ਗਰਮ ਕੰਬਲ ਤੇ ਕੱਪੜੇ ਵੰਡੇ ਜਾਣਗੇ। ਇਸ ਸਬੰਧੀ ਕੋਈ ਵੀ ਸੰਸਥਾ ਉਨ੍ਹਾਂ ਨਾਲ ਤਾਲਮੇਲ ਕਰਕੇ ਲੋੜਵੰਦਾਂ ਦੀ ਸਹਾਇਤਾ ਲਈ ਗਰਮ ਕੱਪੜੇ ਅਤੇ ਕੰਬਲ ਲੈ ਸਕਦੇ ਹਨ ਜਾਂ ਆਪਣੀ ਡਿਮਾਂਡ ਭੇਜ ਸਕਦੇ ਹਨ।
ਇਸ ਮੌਕੇ ਬੱਬੀ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਲਜੀਤ ਸਿੰਘ ਸਾਬਕਾ ਸਰਪੰਚ, ਵਿਦਿਆ ਰਾਮ, ਪ੍ਰੀਤਮ ਸਿੰਘ, ਇਕਬਾਲ ਸਿੰਘ, ਸਿਕੰਦਰ ਸਿੰਘ, ਗੁਰਮੁਖ ਸਿੰਘ, ਗੁਰਨੈਬ ਸਿੰਘ, ਬਲਦੇਵ ਸਿੰਘ ਢਿੱਲੋਂ, ਅਵਤਾਰ ਸਿੰਘ ਹਾਜੀਪੁਰ, ਦਵਿੰਦਰ ਸਿੰਘ, ਪ੍ਰਦੀਪ ਸਿੰਘ, ਸੁਖਵਿੰਦਰ ਸਿੱਘ ਬਿੱਟੂ ਆਦਿ ਹਾਜ਼ਰ ਸਨ।