Nabaz-e-punjab.com

ਨੌਜਵਾਨਾਂ ਵਿੱਚ ਦੇਸ਼ ਪ੍ਰੇਮ ਤੇ ਸਮਾਜ ਸੇਵਾ ਦਾ ਜਜ਼ਬਾ ਪੈਦਾ ਕਰਨ ਦੀ ਲੋੜ: ਸਿੱਧੂ

ਮਾਈ ਭਾਗੋ ਸਕੀਮ: ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਵਿਦਿਆਰਥਣਾਂ ਨੂੰ 335 ਸਾਈਕਲ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਅਜੋਕੇ ਸਮੇਂ ਵਿੱਚ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾ ਕੇ ਵਸਣ ਦਾ ਰੁਝਾਨ ਵਧਦਾ ਜਾ ਰਿਹਾ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਸ ਨਾਲ ਪੰਜਾਬ ਦਾ ਕਰੋੜਾ ਅਰਬਾ ਰੁਪਿਆ ਵਿਦੇਸ਼ਾਂ ਵਿੱਚ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀਆਂ ਵਿਦਿਆਰਥੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਈਕਲ ਵੰਡਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਕੂਲ ਦੀਆਂ 335 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ।
ਸ੍ਰੀ ਸਿੱਧੂ ਨੇ ਜ਼ੋਰ ਦੇ ਕੇ ਆਖਿਆ ਕਿ ਅਜੋਕੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਪ੍ਰੇਮ ਅਤੇ ਸਮਾਜ ਸੇਵਾ ਦਾ ਜਜ਼ਬਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਜਿਨ੍ਹਾਂ ਨੇ ਕੱਲ੍ਹ ਨੂੰ ਭਾਰਤ ਦੀ ਵਾਗਡੋਰ ਸੰਭਾਲਣੀ ਹੈ। ਇਸ ਲਈ ਨੌਜਵਾਨ ਵਰਗ ਵਿੱਚ ਆਪਣੀ ਮਿੱਟੀ ਪ੍ਰਤੀ ਮੋਹ ਪੈਦਾ ਕਰਨਾ ਸਮੇਂ ਦੀ ਵੱਡੀ ਮੰਗ ਹੈ, ਜਿਸ ਨੂੰ ਅਧਿਆਪਕ ਵਰਗ ਅਤੇ ਮਾਪਿਆਂ ਦੇ ਸੁਹਿਰਦ ਯਤਨਾਂ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।
ਮਾਈ ਭਾਗੋ ਵਿੱਦਿਆ ਸਕੀਮ ਤਹਿਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੂੰ ਸਾਈਕਲਾਂ ਦੀ ਵੰਡ ਪਿੱਛੇ ਮੰਤਵ ਦਾ ਖੁਲਾਸਾ ਕਰਦਿਆਂ ਸ੍ਰੀ ਸਿੱਧੂ ਕਿਹਾ ਕਿ ਲੜਕੀਆਂ ਨੂੰ ਉਚੇਰੀ ਪੜ੍ਹਾਈ ਜਾਰੀ ਰੱਖਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿੱਖਿਆ ਸਭ ਤੋਂ ਮਹਾਨ ਕਾਰਜ ਹੈ ਅਤੇ ਹਰੇਕ ਨੂੰ ਆਪਣੀ ਨੇਕ ਕਮਾਈ ’ਚੋਂ ਕੁਝ ਹਿੱਸਾ ਕੱਢ ਕੇ ਇਸ ਮਹਾਨ ਕਾਰਜ ਵਿੱਚ ਲਾਉਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਵਿਚਲੇ ਸਿੱਖਿਆ ਦੇ ਮਿਆਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਪ੍ਰਾਈਵੇਟ ਕਾਨਵੈਂਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਬੇਹੱਦ ਕਾਬਲ ਹਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਸਕੂਲਾਂ ਵਿੱਚ ਵਿੱਦਿਆ ਦਾ ਚਾਨਣ ਵੰਡ ਰਹੇ ਹਨ।
ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਿੰਮਤ ਸਿੰਘ ਹੁੰਦਲ ਨੇ ਕੈਬਨਿਟ ਮੰਤਰੀ ਸਿੱਧੂ ਦਾ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਵਿੱਦਿਆ ਸਕੀਮ ਤਹਿਤ ਸਾਈਕਲ ਵੰਡਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗਿੰਨੀ ਦੁੱਗਲ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਸਕੂਲ ਦੀਆਂ ਸਮੱਸਿਆਵਾਂ ਬਾਰੇ ਦੱਸਿਆ। ਇਸ ਮੌਕੇ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤਾ ਅਤੇ 11ਵੀਂ ਦੇ ਵਿਦਿਆਰਥੀ ਗੁਰਕੰਵਲ ਸਿੰਘ ਨੇ ਮਾਦਾ ਭਰੂਣ ਹੱਤਿਆ ਖ਼ਿਲਾਫ਼ ਧੀ ਦੇ ਦੁੱਖ ਨੂੰ ਬਿਆਨ ਕਰਦਾ ਗੀਤ ਪੇਸ਼ ਕੀਤਾ। ਇਸ ਮੌਕੇ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਤਰਨਜੀਤ ਕੌਰ, ਗੁਰਦੇਵ ਸਿੰਘ ਚੌਹਾਨ, ਪੀ.ਕੇ. ਚਾਹਲ, ਪਰਮਜੀਤ ਬੈਦਵਾਨ, ਗੁਰਚਰਨ ਸਿੰਘ ਸੈਣੀ, ਮਨਮੋਹਨ ਸਿੰਘ, ਇੰਦਰਜੀਤ ਸਿੰਘ ਖੋਖਰ, ਸ਼ਹਿਰ ਦੇ ਪਤਵੰਤੇ ਅਤੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…