ਇਮੀਗਰੇਸ਼ਨ ਏਜੰਟ ਦਾ ਸਤਾਇਆ ਨੌਜਵਾਨ ਇਨਸਾਫ਼ ਲਈ ਖੱਜਲ-ਖੁਆਰ

ਪੀੜਤ ਨੌਜਵਾਨ ਨੇ ਮੁੱਖ ਮੰਤਰੀ ਨੂੰ ਸ਼ਿਕਾਇਤ ਭੇਜ ਕੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ

ਡੀਜੀਪੀ ਗੌਰਵ ਯਾਦਵ ਨੇ ਆਈਜੀ ਪਟਿਆਲਾ ਨੂੰ ਸੌਂਪੀ ਮਾਮਲੇ ਦੀ ਜਾਂਚ, ਆਈਜੀ ਨੇ ਵੀ ਦਿੱਤਾ ਭਰੋਸਾ

ਨਬਜ਼-ਏ-ਪੰਜਾਬ, ਮੁਹਾਲੀ, 9 ਸਤੰਬਰ:
ਮੁਹਾਲੀ ਸਮੇਤ ਪੰਜਾਬ ਭਰ ਵਿੱਚ ਪੁਲੀਸ ਅਤੇ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਗੈਰਕਾਨੂੰਨੀ ਇਮੀਗਰੇਸ਼ਨ ਦਾ ਗੋਰਖਧੰਦਾ ਲਗਾਤਾਰ ਵਧ ਫੁਲ ਰਿਹਾ ਹੈ। ਪਟਿਆਲਾ ਦੇ ਇੰਮੀਗਰੇਸ਼ਨ ਏਜੰਟ ਦਾ ਸਤਾਇਆ ਹੋਇਆ ਇੱਕ ਨੌਜਵਾਨ ਇਨਸਾਫ਼ ਲਈ ਖੱਜਲ-ਖੁਆਰ ਹੋ ਰਿਹਾ ਹੈ ਪ੍ਰੰਤੂ ਕੋਈ ਅਧਿਕਾਰੀ ਉਸ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ।
ਅੱਜ ਮੁਹਾਲੀ ਪ੍ਰੈਸ ਕਲੱਬ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਪੀੜਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਇਕ ਇਮੀਗਰੇਸ਼ਨ ਏਜੰਟ ਦੀ ਧੱਕੇਸ਼ਾਹੀ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਇੱਕ ਟਰੈਵਲ ਏਜੰਟ ਵੱਖ-ਵੱਖ ਸ਼ਹਿਰਾਂ ਵਿੱਚ ਵੱਖੋ-ਵੱਖਰੇ ਨਾਂ ਹੇਠ ਅਣਅਧਿਕਾਰਤ ਤੌਰ ’ਤੇ ਬੇਖ਼ੌਫ਼ ਇਮੀਗਰੇਸ਼ਨ ਦਾ ਕਾਰੋਬਾਰ ਚਲਾ ਰਿਹਾ ਹੈ ਅਤੇ ਭੋਲੇ-ਭਾਲੇ ਲੋਕਾਂ ਨਾਲ ਸ਼ਰੇਆਮ ਠੱਗੀਆਂ ਮਾਰ ਕੇ ਬੇਹਿਸਾਬ ਦੌਲਤ ਇਕੱਠੀ ਕਰ ਰਿਹਾ ਹੈ। ਜਦੋਂ ਉਸ ਨੇ ਇਮੀਗਰੇਸ਼ਨ ਏਜੰਟ ਵਿਰੁੱਧ ਆਵਾਜ਼ ਚੁੱਕੀ ਤਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਉਸ ਦੇ ਖ਼ਿਲਾਫ਼ ਝੂਠੇ ਪਰਚੇ ਦਰਜ ਕਰਵਾਏ ਗਏ। ਜਿਸ ਕਾਰਨ ਪੀੜਤ ਨੌਜਵਾਨ ਨੂੰ ਜੇਲ੍ਹ ਵੀ ਜਾਣਾ ਪਿਆ।
ਅੰਮ੍ਰਿਤਪਾਲ ਸਿੰਘ ਨੇ ਆਪਬੀਤੀ ਦੱਸਦਿਆਂ ਕਿਹਾ ਕਿ ਉਕਤ ਏਜੰਟ ਵੱਲੋਂ ਕਰੀਬ 8 ਮਹੀਨਿਆਂ ਤੋਂ ਧਮਕੀਆਂ ਦੇਣ ਅਤੇ ਉਸ ਦੇ ਘਰ ਉੱਤੇ ਜਾਨਲੇਵਾ ਹਮਲਾ ਕਰਵਾਉਣ ਦਾ ਸਿਲਸਿਲਾ ਜਾਰੀ ਹੈ। ਬੀਤੀ 22 ਅਗਸਤ ਨੂੰ ਹਮਲਾਵਰਾਂ ਨੇ ਪਟਿਆਲਾ ਸਥਿਤ ਉਸ ਦੇ ਘਰ ਦੇ ਤਾਲੇ ਤੋੜ ਕੇ ਹੰਗਾਮਾ ਕੀਤਾ ਗਿਆ ਅਤੇ ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਪ੍ਰੰਤੂ ਇਸ ਦੇ ਬਾਵਜੂਦ ਪੁਲੀਸ ਬਣਦੀ ਕਾਰਵਾਈ ਕਰਨ ਤੋਂ ਭੱਜਦੀ ਨਜ਼ਰ ਆ ਰਹੀ ਹੈ। ਪੀੜਤ ਨੌਜਵਾਨ ਨੇ ਡੀਜੀਪੀ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਮੁਖੀ ਨੇ ਆਈਜੀ ਪਟਿਆਲਾ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ।
ਉਧਰ, ਦੂਜੇ ਪਾਸੇ ਪੀੜਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਹੁਣ ਮੁੱਖ ਮੰਤਰੀ ਨੂੰ ਸ਼ਿਕਾਇਤ ਭੇਜ ਕੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਹੈ। ਮੁੱਖ ਮੰਤਰੀ ਦੇ ਓਐਸਡੀ ਨਵਰਾਜ ਸਿੰਘ ਬਰਾੜ ਨੇ ਸ਼ਿਕਾਇਤਕਰਤਾ ਨੂੰ ਆਪਣੇ ਕੋਲ ਸੱਦ ਕੇ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ। ਨਾਲ ਹੀ ਮੁੱਖ ਮੰਤਰੀ ਦਫ਼ਤਰ ਨੇ ਡੀਜੀਪੀ ਨੂੰ ਮਾਮਲੇ ਦੀ ਤੈਅ ਤੱਕ ਜਾਣ ਲਈ ਜਾਂਚ ਮਾਰਕ ਕੀਤੀ ਹੈ। ਮਾਮਲਾ ਮੁੱਖ ਮੰਤਰੀ ਅਤੇ ਡੀਜੀਪੀ ਕੋਲ ਪਹੁੰਚਣ ਤੋਂ ਬਾਅਦ ਹੁਣ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਵੀ ਪੀੜਤ ਨੌਜਵਾਨ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…