
ਮਿਸ਼ਨ ਫਤਿਹ-2 ਦੀ ਕਾਮਯਾਬੀ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ: ਬਲਬੀਰ ਸਿੱਧੂ
ਮਿਸ਼ਨ ਫਤਿਹ-2 ਤਹਿਤ ਹੁਣ ਤੱਕ 1.4 ਕਰੋੜ ਲੋਕਾਂ ਦੀ ਸਕਰੀਨਿੰਗ, 1 ਲੱਖ ਤੋਂ ਵੱਧ ਲਏ ਸੈਂਪਲ
ਕਰੋਨਾ ਮੁਕਤ ਪੰਜਾਬ: ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਗੱਲਬਾਤ ਕਰਨ ਲਈ ਉਲੀਕੇ ਪ੍ਰੋਗਰਾਮ ਵਿੱਚ ਮੁਹਾਲੀ ਤੋਂ ਸਿੱਧੂ ਹੋਏ ਸ਼ਾਮਲ
220 ਕਰੋਨਾ ਪਾਜ਼ੇਟਿਵ ਅੌਰਤਾਂ ਦੀ ਕੀਤੀ ਜਾ ਰਹੀ ਹੈ ਵਿਸ਼ੇਸ਼ ਸਿਹਤ ਸੰਭਾਲ
ਪਿੰਡ ਪੱਧਰ ’ਤੇ ਕਰੋਨਾ ਵਾਰੀਅਰ ਗਰੁੱਪ ਬਣਨ ਨਾਲ ਕੋਵਿਡ ਟੈਸਟਿੰਗ ਤੇ ਵੈਕਸੀਨੇਸ਼ਨ ਮੁਹਿੰਮ ਨੂੰ ਮਿਲੇਗਾ ਵੱਡਾ ਹੁੰਗਾਰਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਕਰੋਨਾ ਮੁਕਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਮਿਸ਼ਨ ਫਤਿਹ-2 ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਅਧੀਨ ਪਿੰਡ ਵਿੱਚ ਨੌਜਵਾਨਾਂ ਦੇ ਰੂਰਲ ਕਰੋਨਾ ਵਾਰੀਅਰ ਗਰੁੱਪ ਬਣਾਏ ਜਾਣਗੇ। ਇਸ ਨਾਲ ਜਿੱਥੇ ਕਰੋਨਾ ਟੈਸਟਿੰਗ ਵਧੇਗੀ, ਉੱਥੇ ਪਿੰਡਾਂ ਵਿੱਚ 100 ਫੀਸਦੀ ਵੈਕਸੀਨ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਇਨ੍ਹਾਂ ਗਰੁੱਪਾਂ ਦੀ ਹੌਸਲਾ-ਅਫ਼ਜ਼ਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਡ ਕਿੱਟਾਂ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਿੱਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨ ਲਈ ਕਰਵਾਏ ਪ੍ਰੋਗਰਾਮ ਵਿੱਚ ਸ੍ਰੀ ਸਿੱਧੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ਾਮਲ ਹੋਏ ਅਤੇ ਕਰੋਨਾ ਮਹਾਮਾਰੀ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਬਾਰੇ ਖੁੱਲ੍ਹ ਕੇ ਚਰਚਾ ਕੀਤੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਮਿਸ਼ਨ ਫਤਿਹ-2 ਤਹਿਤ ਹੁਣ ਤੱਕ 1.4 ਕਰੋੜ ਲੋਕਾਂ ਦੀ ਸਕਰੀਨਿੰਗ ਅਤੇ 1 ਲੱਖ ਤੋਂ ਵੱਧ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 220 ਕਰੋਨਾ ਪਾਜ਼ੇਟਿਵ ਅੌਰਤਾਂ ਦੀ ਸੁਚੱਜੇ ਢੰਗ ਨਾਲ ਸਿਹਤ ਸੰਭਾਲ ਕੀਤੀ ਜਾ ਰਹੀ ਹੈ। ਕਰੋਨਾ ਖ਼ਿਲਾਫ਼ ਜੰਗ ਵਿੱਚ ਪਿੰਡਾਂ ਵਿਚਲੇ 2380 ਹੈਲਥ ਤੇ ਵੈਲਨੈਸ ਸੈਂਟਰ ਭੂਮਿਕਾ ਨਿਭਾਅ ਰਹੇ ਹਨ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਸਰਵੇ ਅਤੇ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨੇਸ਼ਨ ਸਬੰਧੀ ਘਾਟ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਜਿਹੜੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਇਲਾਜ ਬਦਲੇ ਵੱਧ ਪੈਸੇ ਵਸੂਲੇ ਜਾ ਰਹੇ ਸਨ, ਉਨ੍ਹਾਂ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਰੋਨਾ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਐਨਜੀਓਜ਼, ਵਾਲੰਟੀਅਰ ਅਤੇ ਪ੍ਰਾਈਵੇਟ ਅਦਾਰਿਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਅਤੇ ਕਈ ਸਮਾਜ ਸੇਵੀ ਅਤੇ ਕੰਪਨੀਆਂ ਵੱਲੋਂ ਵੱਡੇ ਪੱਧਰ ’ਤੇ ਮਦਦ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਮਹਿੰਦਰਾ ਐਂਡ ਮਹਿੰਦਰਾ ਗਰੱੁਪ ਨੇ 10 ਹਜ਼ਾਰ ਵੈਕਸੀਨ ਮੁਹੱਈਆ ਕਰਵਾਉਣ ਦੀ ਗੱਲ ਆਖੀ ਹੈ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਸਰਕਾਰੀ ਕਾਲਜ ਫੇਜ਼-6 ਦੀ ਵਿਦਿਆਰਥਣ ਨਿਰਭੈਜੋਤ ਕੌਰ ਨੇ ਸਰਕਾਰ ਵੱਲੋਂ ਕਰੋਨਾ ਨੂੰ ਮਾਤ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਹ ਐਨਸੀਸੀ ਵਿੱਚ ਹੈ ਅਤੇ ਉਸ ਵੱਲੋਂ ਹੋਰਨਾਂ ਵਿਦਿਆਰਥੀਆਂ ਨਾਲ ਰਲ ਕੇ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਲਈ ਪ੍ਰੇਰਿਆ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਏਡੀਸੀ (ਵਿਕਾਸ) ਰਾਜੀਵ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੌਜਵਾਨ ਹਾਜ਼ਰ ਸਨ।