
ਯੂਥ ਆਫ਼ ਪੰਜਾਬ ਦੇ ਵਫ਼ਦ ਨੇ ਪੰਜਾਬੀ ਬਚਾਓ ਧਰਨੇ ਵਿੱਚ ਕੀਤੀ ਸ਼ਮੂਲੀਅਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਅੱਜ ਵੱਡੀ ਗਿਣਤੀ ਵਿਅਕਤੀਆਂ ਦਾ ਜਥਾ ਅੱਜ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ ਤੋਂ ਚੰਡੀਗੜ੍ਹ ਵਿੱਚ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਦਿੱਤੇ ਗਏ ਵਿਸ਼ਾਲ ਧਰਨੇ ਵਿੱਚ ਹਿੱਸਾ ਲੈਣ ਲਈ ਰਵਾਨਾ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬੈਦਵਾਨ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹੀ ਪੰਜਾਬੀ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਦੀ ਅਫ਼ਸਰਸ਼ਾਹੀ ਆਪਣੀ ਸਹੂਲਤ ਲਈ ਪੰਜਾਬੀ ਦੀ ਥਾਂ ਅੰਗਰੇਜ਼ੀ ਨਾਲ ਹੀ ਕੰਮ ਕਾਜ ਚਲਾ ਰਹੀ ਹੈ। ਉਹਨਾਂ ਕਿਹਾ ਕਿ ਭਾਰਤ ਦੇ ਹੋਰਨਾਂ ਸੂਬਿਆਂ ਦੀ ਰਾਜਧਾਨੀਆਂ ਵਿੱਚ ਸਿਰਫ਼ ਰਾਜ ਭਾਸ਼ਾ ਦੀ ਹੀ ਵਰਤੋਂ ਕੀਤੀ ਜਾਂਦੀ ਹੈ ਪਰ ਪੰਜਾਬ ਦੀ ਰਾਜਧਾਨੀ ਵਿੱਚ ਬਿਲਕੁਲ ਇਸ ਦੇ ਉਲਟ ਕੰਮ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਚੰਡੀਗੜ੍ਹ ਤੇ ਪੰਜਾਬ ਵਿੱਚ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਲਖਬੀਰ ਸਿੰਘ ਕਲਸੀ, ਬਬਨਦੀਪ ਸਿੰਘ ਬੱਬੂ, ਸਤਨਾਮ ਸਿੰਘ ਧੀਮਾਨ, ਸ਼ੁਭ ਸੇਖੋਂ, ਗੁਰਜੀਤ ਸਿੰਘ ਮਟੌਰ, ਅਜੇ ਵਰਮਾ, ਫਰਿਆਦ ਖਾਨ, ਹਰਮਨ ਕਾਹਲੋਂ, ਬਚਿੱਤਰ ਮੌਜੂਦ ਸਨ।