
ਯੂਥ ਆਫ਼ ਪੰਜਾਬ ਵੱਲੋਂ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ, ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਧਰਨਾ
74 ਮਹਿਲਾ ਸੰਸਦ ਮੈਂਬਰ ਤੇ 24 ਰਾਜ ਸਭਾ ਮੈਂਬਰ ਅੌਰਤਾਂ ਦੀ ਚੁੱਪੀ ਗੰਭੀਰ ਚਿੰਤਾ ਦਾ ਵਿਸ਼ਾ: ਬੈਦਵਾਨ
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰ ਮੰਗੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਯੂਥ ਆਫ਼ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕੌਮੀ ਇਨਸਾਫ਼ ਮੋਰਚਾ ਸਮੇਤ ਇਲਾਕੇ ਦੇ ਹੋਣਹਾਰ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਜੰਤਰ-ਮੰਤਰ ’ਤੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਚੱਲ ਰਹੇ ਲੜੀਵਾਰ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਸਾਂਝੇ ਤੌਰ ’ਤੇ ਸ਼ਾਂਤਮਈ ਰੋਸ ਧਰਨਾ ਦਿੱਤਾ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸ਼ਣ ਨੂੰ ਤੁਰੰਤ ਪ੍ਰਭਾਵ ਨਾਲ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਕੌਮੀ ਇਨਸਾਫ਼ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਅਤੇ ਕੋਚ ਸਵਰਨ ਸਿੰਘ ਨੇ ਕੇਂਦਰ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੇਟੀ ਪੜਾਓ-ਬੇਟੀ ਬਚਾਓ ਦਾ ਨਾਅਰਾ ਲਗਾ ਰਹੇ ਹਨ ਪ੍ਰੰਤੂ ਦੂਜੇ ਪਾਸੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਪਰਮਦੀਪ ਬੈਦਵਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੀ ਪਾਰਲੀਮੈਂਟ ਵਿੱਚ 78 ਮਹਿਲਾ ਸੰਸਦ ਮੈਂਬਰ ਅਤੇ 24 ਮਹਿਲਾ ਰਾਜ ਸਭਾ ਦੀਆਂ ਮੈਂਬਰ ਹਨ ਲੇਕਿਨ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਪਤਾ ਨਹੀਂ ਕਿਉਂ ਉਨ੍ਹਾਂ ਨੇ ਆਪਣਾ ਨੈਤਿਕ ਜ਼ਿੰਮੇਵਾਰੀ ਨਿਭਾਉਣ ਤੋਂ ਮੂੰਹ ਫੇਰ ਲਿਆ ਹੈ। ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਬੁਲਾਰਿਆਂ ਨੇ ਕਿਹਾ ਕਿ ਜਦੋਂ ਪਹਿਲਵਾਨ ਕੁੜੀਆਂ ਦੇਸ਼ ਲਈ ਤਗਮੇ ਜਿੱਤ ਕੇ ਲਿਆਉਂਦੀਆਂ ਹਨ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਘਰ ਬੁਲਾ ਕੇ ਭਾਜਪਾ ਸਰਕਾਰ ਦੀ ਮਾਰਕੀਟਿੰਗ ਕਰਦੇ ਨਹੀਂ ਥੱਕਦੇ ਹਨ। ਹੁਣ ਜਦੋਂ ਕੁੜੀਆਂ ਜਿਨਸੀ ਸ਼ੋਸ਼ਣ ਦੇ ਖ਼ਿਲਾਫ਼ ਇਨਸਾਫ਼ ਮੰਗ ਰਹੀਆਂ ਹਨ ਤਾਂ ਹੁਣ ਹੁਕਮਰਾਨਾਂ ਨੇ ਆਪਣੀਆਂ ਅੱਖਾਂ ਮੀਚ ਲਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਬਿਜਲੀ ਕੱਟਣਾ ਅਤੇ ਖੋਹਣ ਨਾਲ ਭਾਜਪਾ ਦਾ ਧੀਆਂ ਪ੍ਰਤੀ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ।

ਇਸ ਮੌਕੇ ਅਥਲੀਟ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ, ਸੁਖਚੈਨ ਸਿੰਘ ਚਿੱਲਾ, ਸੁਖਜੀਤ ਸਿੰਘ, ਦਰਸ਼ਨ ਸਿੰਘ, ਸਿਮਰਨਜੀਤ ਸਿੰਘ, ਸੀਨੀਅਰ ਅਥਲੀਟ ਹਰਮਿੰਦਰ ਸਿੰਘ, ਅਮਰਜੀਤ ਸਿੰਘ, ਨੌਜਵਾਨ ਆਗੂ ਗੁਰਜੀਤ ਸਿੰਘ ਮਾਮਾ, ਮੈਡਮ ਰਾਜ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ, ਨੌਜਵਾਨ ਤੇ ਬੱਚੇ ਮੌਜੂਦ ਸਨ।