Nabaz-e-punjab.com

ਯੂਥ ਆਫ਼ ਪੰਜਾਬ ਦੇ ਆਗੂਆਂ ਤੇ ਮੈਂਬਰਾਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਸੌਂਪਿਆ ਮੰਗ ਪੱਤਰ

ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੁੜ ਮੰਗ ਉੱਠੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਅਤੇ ਸਰਪ੍ਰਸਤ ਸਤਵਿੰਦਰ ਸਿੰਘ ਚੈੜੀਆਂ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸੰਸਥਾ ਦੇ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ ਅਤੇ ਇਕ ਸਾਂਝਾ ਮੰਗ ਪੱਤਰ ਸੌਂਪਦਿਆਂ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਬਣਦਾ ਮਾਣ ਸਨਮਾਨ ਦੇਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਮੁਹਾਲੀ ਏਅਰਪੋਰਟ ਤੋਂ ਭਾਵੇਂ ਕੌਮਾਂਤਰੀ ਹਵਾਈ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ ਪ੍ਰੰਤੂ ਤਿੰਨ ਸੂਬਿਆਂ ਪੰਜਾਬ, ਯੂਟੀ ਅਤੇ ਹਰਿਆਣਾ ਦੇ ਸਿਆਸੀ ਰੱਫੜ ਕਾਰਨ ਅਜੇ ਤਾਈ ਹਵਾਈ ਅੱਡੇ ਦਾ ਨਾਮਕਰਨ ਨਹੀਂ ਹੋ ਸਕਿਆ ਹੈ।
ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਨੌਜਵਾਨਾਂ ਦੇ ਉੱਚ ਪੱਧਰੀ ਵਫ਼ਦ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਮਿਲ ਕੇ ਮੰਗ ਪੱਤਰ ਸੌਂਪਦਿਆਂ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਥ ਆਫ਼ ਪੰਜਾਬ ਕਿਸੇ ਵੀ ਰਾਜਸੀ ਪਾਰਟੀ ਜਾਂ ਸੰਸਥਾ ਦਾ ਸਮਰਥਨ ਨਹੀਂ ਕਰਦੀ ਹੈ ਪ੍ਰੰਤੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਨੀਸ਼ ਤਿਵਾੜੀ ਨੇ ਸ਼ਹੀਦਾਂ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਦਾ ਵਾਅਦਾ ਕੀਤਾ ਸੀ। ਜਿਸ ਕਾਰਨ ਉੱਦਮੀ ਨੌਜਵਾਨਾਂ ਦੀ ਇਸ ਸੰਸਥਾ ਵੱਲੋਂ ਬਿਨਾਂ ਸ਼ਰਤ ਉਨ੍ਹਾਂ ਨੂੰ ਸਮਰਥਨ ਦਿੱਤਾ ਗਿਆ ਸੀ।
ਸ੍ਰੀ ਬੈਦਵਾਨ ਨੇ ਦੱਸਿਆ ਕਿ ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਨੌਜਵਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਚੋਣ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋਕ ਸਭਾ ਵਿੱਚ ਮੁੱਦਾ ਚੁੱਕਿਆ ਜਾਵੇਗਾ ਅਤੇ ਨੌਜਵਾਨਾਂ ਦੀਆਂ ਹੋਰ ਭਖਦੀਆਂ ਮੰਗਾਂ ਦੀ ਪੂਰਤੀ ਲਈ ਯੋਗ ਪੈਰਵੀ ਕੀਤੀ ਜਾਵੇਗੀ।
ਇਸ ਮੌਕੇ ਯੂਥ ਕਾਂਗਰਸ ਦੇ ਬੁਲਾਰੇ ਕੰਵਲਜੀਤ ਸਿੰਘ ਰੂਬੀ, ਸੰਸਥਾ ਦੇ ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਸਰਪੰਚ ਜੱਗੀ ਧਨੋਆ, ਜਨਰਲ ਸਕੱਤਰ ਲੱਕੀ ਕਲਸੀ, ਡਾ. ਇਕਬਾਲ ਸਿੰਘ, ਕੌਂਸਲਰ ਵਿਨੀਤ ਕਾਲੀਆ, ਹਰਪ੍ਰੀਤ ਸਿੰਘ, ਅੰਮ੍ਰਿਤ ਜੌਲੀ, ਰੋਮੀ ਸਰਪੰਚ ਢਕੋਰਾਂ, ਗੁਰਿੰਦਰ ਨਗਲੀਆਂ ਅਤੇ ਯੂਥ ਆਫ਼ ਪੰਜਾਬ ਦੇ ਹੋਰ ਸੀਨੀਅਰ ਅਹੁਦੇਦਾਰ ਅਤੇ ਕਾਰਕੁਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…