
ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਡਿਊਟੀ ਵਿੱਚ ਕੁਤਾਹੀ ਲਈ ਚਾਰ ਖੇਤੀਬਾੜੀ ਅਧਿਕਾਰੀ ਮੁਅੱਤਲ
ਮੁਅੱਤਲੀ ਸਮੇਂ ਦੌਰਾਨ ਖੇਤੀਬਾੜੀ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਕਰਨਗੇ ਰਿਪੋਰਟ ਮੁਅੱਤਲ ਅਧਿਕਾਰੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਅੱਜ ਚਾਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ।
ਮੁਅੱਤਲ ਕੀਤੇ ਗਏ ਖੇਤੀਬਾੜੀ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ (ਪਟਿਆਲਾ) ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ (ਤਰਨ ਤਾਰਨ) ਹਰਪਾਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਪੱਟੀ (ਤਰਨ ਤਾਰਨ) ਭੁਪਿੰਦਰ ਸਿੰਘ ਸ਼ਾਮਲ ਹਨ। ਮੁਅੱਤਲੀ ਦੇ ਸਮੇਂ ਦੌਰਾਨ ਇਹ ਅਧਿਕਾਰੀ ਮੁਹਾਲੀ ਦੇ ਫੇਜ਼-6 ਸਥਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟ ਰ ਦਫ਼ਤਰ ਵਿੱਚ ਰਿਪੋਰਟ ਕਰਨਗੇ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਸਰਕਾਰੀ ਨੇਮਾਂ ਅਤੇ ਹਦਾਇਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਲਈ ਜ਼ੋਰਦਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨ੍ਹਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁਕਵੀਂ ਪਾਲਣਾ ਨਹੀਂ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਕਤ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕੋਤਾਹੀ ਅਤੇ ਵਿਭਾਗੀ ਕੰਮਾਂ ਵਿੱਚ ਲਾਪਰਵਾਹੀ ਅਤੇ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।