ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਪ੍ਰਤੀ ਅਨਜਾਨ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਤਾਕ ’ਚ

ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਵਚਨਬੱਧ ਕੈਪਟਨ ਅਮਰਿੰਦਰ ਸਿੰਘ: ਪੰਜਾਬ ਕਾਂਗਰਸ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਚੰਡੀਗੜ੍ਹ, 17 ਦਸੰਬਰ
ਪੰਜਾਬ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਵਾਅਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਪੂਰੀ ਤਰ੍ਹਾਂ ਅਗਿਆਨਤਾ ਨੂੰ ਲੈ ਕੇ ਸਖ਼ਤ ਨਿੰਦਾ ਕੀਤੀ ਹੈ। ਅੱਜ ਇਥੇ ਜਾਰੀ ਬਿਆਨ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ ਤੇ ਸੁਖਬਿੰਦਰ ਸਰਕਾਰੀਆ ਨੇ ਬਾਦਲ ਪਤੀ-ਪਤਨੀ ’ਤੇ ਕੈਪਟਨ ਅਮਰਿੰਦਰ ਦੀ ਪ੍ਰਧਾਨ ਮੰਤਰੀ ਨਾਲ ਮੀਟਿੰਗ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ।
ਕਾਂਗਰਸ ਆਗੂਆਂ ਨੇ ਕਿਹਾ ਕਿ ਜਿਥੇ ਕੇਂਦਰੀ ਪੱਧਰ ’ਤੇ ਕਾਂਗਰਸ ਮੋਦੀ ਸਰਕਾਰ ਤੋਂ ਦੇਸ਼ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੀ ਮੰਗ ਕਰ ਰਹੀ ਹੈ, ਉਥੇ ਹੀ ਪੰਜਾਬ ਦੇ ਸਬੰਧ ’ਚ ਕੈਪਟਨ ਅਮਰਿੰਦਰ ਪਾਰਟੀ ਦੇ ਸੂਬੇ ਦੀ ਸੱਤਾ ’ਚ ਆਉਣ ਤੋਂ ਬਾਅਦ ਕਿਸਾਨਾਂ ਦਾ ਕਰਜਾ ਮੁਆਫ ਕਰਨ ਸਬੰਧੀ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਨ, ਭਾਵੇਂ ਇਸ ਲਈ ਪ੍ਰਧਾਨ ਮੰਤਰੀ ਉਨ੍ਹਾਂ ਦੀਆਂ ਚਿੰਤਾਵਾਂ ’ਤੇ ਧਿਆਨ ਦੇਣ ਜਾਂ ਫਿਰ ਨਾ ਦੇਣ।
ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਬਾਦਲਾਂ ਉਪਰ ਆਪਣੇ ਭਰਮਕਾਰੀ ਬਿਆਨਾਂ ਰਾਹੀਂ, ਪੰਜਾਬ ਦੇ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਗਾਇਆ ਹੈ, ਜਿਹੜੇ ਪਹਿਲਾਂ ਤੋਂ ਬਾਦਲ ਸਰਕਾਰ ਵੱਲੋਂ ਪੈਦਾ ਕੀਤੀਆਂ ਗੰਭੀਰ ਸਮੱਸਿਆਵਾਂ ਨਾਲ ਘਿਰੇ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਬਾਦਲ ਆਪਣੇ ਗੁੰਮਰਾਹਕੁੰਨ ਵਿਚਾਰਾਂ ਰਾਹੀਂ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ’ਚ ਹਨ, ਜਦਕਿ ਅਸਲਿਅਤ ਇਹ ਹੈ ਕਿ ਕੈਪਟਨ ਅਮਰਿੰਦਰ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਸੱਤਾ ’ਚ ਆਉਣ ਤੋਂ ਬਾਅਦ ਉਹ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦੇਣਗੇ, ਭਾਵੇਂ ਇਸ ਲਈ ਸੂਬੇ ਨੂੰ ਕੇਂਦਰ ਸਰਕਾਰ ਤੋਂ ਕੋਈ ਸਹਾਇਤਾ ਮਿੱਲੇ ਜਾਂ ਨਾ ਮਿੱਲੇ।ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਪਾਰਟੀ ਦੇ ਵਫਦ ’ਚ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਇਸ ਬਾਰੇ ਇਕ ਵਾਰ ਫਿਰ ਤੋਂ ਆਪਣੀ ਵਚਨਬੱਧਤਾ ਦੁਹਰਾਈ ਸੀ।
ਇਸ ਬਾਰੇ, ਉਕਤ ਮੁੱਦੇ ’ਤੇ ਕੈਪਟਨ ਅਮਰਿੰਦਰ ਦੇ ਸਾਫ ਪੱਖ ਨੂੰ ਜਾਹਿਰ ਕਰਦਿਆਂ, ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ’ਚ ਨਾ ਕਿਸਾਨਾਂ ਤੇ ਨਾ ਹੀ ਆੜ੍ਹਤੀਆਂ ਨੂੰ ਕਰਜ਼ਾ ਸੈਟਲ ਕਰਨ ਵਾਸਤੇ ਆਪਣੀਆਂ ਜੇਬ੍ਹਾਂ ਤੋਂ ਇਕ ਵੀ ਪੈਸਾ ਦੇਣਾ ਪਵੇਗਾ, ਜਿਸ ਕਰਜੇ ਨੇ ਸੂਬੇ ਦੇ ਕਿਸਾਨਾਂ ਨੂੰ ਬਰਬਾਦੀ ਕੰਢੇ ਪਹੁੰਚਾ ਦਿੱਤਾ ਹੈ ਅਤੇ ਉਨ੍ਹਾਂ ’ਚੋਂ ਕਈਆਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਸ ਤੋਂ ਪਹਿਲਾਂ ਹੀ ਆਪਣੇ ਵਾਅਦੇ ਮੁਤਾਬਿਕ ਬਤੌਰ ਮੁੱਖ ਮੰਤਰੀ ਉਨ੍ਹਾਂ ਦੇ ਪਿਛਲੇ ਕਾਰਜਕਾਲ ਦੌਰਾਨ ਲੋਨ ਮੁਆਫ ਕੀਤੇ ਸਨ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਤੇ ਹਰਸਿਮਰਤ ਸਿਰਫ ਤੱਥਾਂ ਨੂੰ ਬਿਗਾੜ ਕੇ ਅਤੇ ਕੈਪਟਨ ਅਮਰਿੰਦਰ ਖਿਲਾਫ ਨਿਰਾਧਾਰ ਦੋਸ਼ ਲਗਾ ਕੇ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੇਕਿਨ ਇਹ ਟੋਟਕੇ ਆਉਂਦੀਆਂ ਚੋਣਾਂ ’ਚ ਬਾਦਲਾਂ ਨੂੰ ਲੋਕਾਂ ਦੇ ਗੁੱਸੇ ਤੋਂ ਬਚਾਉਣ ’ਚ ਕਿਸੇ ਤਰ੍ਹਾਂ ਦੀ ਮਦੱਦ ਨਹੀਂ ਕਰਨਗੇ, ਜਿਹੜੀਆਂ ਚੋਣਾਂ ਸੂਬੇ ’ਚ ਸ੍ਰੋਮਣੀ ਅਕਾਲੀ ਦਲ ਦੀ ਜਬਰਦਸਤ ਹਾਰ ਦੀਆਂ ਗਵਾਹ ਬਣਨਗੀਆਂ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…